Gugu Gill : ਪੰਜਾਬ ‘ਚ ਵੱਧ ਰਹੇ ਨਸ਼ੇ ਨੂੰ ਲੈ ਕੇ ਚਿੰਤਤ ਗੁੱਗੂ ਗਿੱਲ, ਪੰਜਾਬ ਪੁਲਿਸ ਦੀ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਅਦਾਕਾਰ ਨੇ ਵੀਡੀਓ ਸਾਂਝੀ ਕਰ ਦਿੱਤਾ ਸੰਦੇਸ਼
Gaggu Gill on Durg cases : ਪੰਜਾਬੀ ਅਦਾਕਾਰ ਗੁੱਗੂ ਗਿੱਲ ਹੁਣ ਪੰਜਾਬ ਸਰਕਾਰ ਅਤੇ ਪੁਲਿਸ ਵੱਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਇੱਕ ਵੀਡੀਓ ਜਾਰੀ ਕਰਕੇ ਲੋਕਾਂ ਨੂੰ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਰ ਨਸ਼ਾ ਮਾੜਾ ਹੁੰਦਾ ਹੈ ਪਰ ਚਿੱਟੇ ਦੇ ਨਸ਼ੇ ਨੇ ਘਰ ਉਜਾੜ ਕੇ ਰੱਖ ਦਿੱਤੇ ਹਨ।
ਗੁੱਗੂ ਗਿੱਲ ਨੇ ਕਿਹਾ ਕਿ ਚਿੱਟੇ ਦੇ ਨਸ਼ੇ ਨੇ ਪੰਜਾਬ ਦੀਆਂ ਧੀਆਂ ਭੈਣਾਂ ਦੀ ਚੁੰਨੀ ਸਫ਼ੇਦ ਕਰ ਦਿਤੀ ਹੈ। ਇਸ ਨਸ਼ੇ ਤੋਂ ਬਚਣਾ ਬਹੁਤ ਜ਼ਰੂਰੀ ਹੈ ਪਰ ਕੋਈ ਵੀ ਸਰਕਾਰ ਜਾਂ ਪੁਲਿਸ ਅਜਿਹੀ ਲੜਾਈ ਇਕੱਲੇ ਨਹੀਂ ਲੜ ਸਕਦੀ ਜਦੋਂ ਤੱਕ ਲੋਕ ਉਨ੍ਹਾਂ ਦੇ ਨਾਲ ਨਹੀਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਅਤੇ ਸਰਕਾਰ ਦਾ ਸਾਥ ਦੇਣ, ਤਾਂ ਜੋ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ |
ਜ਼ਿਕਰਯੋਗ ਹੈ ਕਿ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਵੀ ਹਾਲ ਹੀ ਵਿੱਚ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਸਮਰਥਨ ਕਰਦੇ ਹੋਏ ਇਕ ਵੀਡੀਓ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਵਧਣ ਕਾਰਨ ਅਪਰਾਧ ਵੀ ਵੱਧ ਰਹੇ ਹਨ। ਉਨ੍ਹਾਂ ਲੋਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੀ ਮੁਹਿੰਮ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ।
ਅਭਿਨੇਤਾ ਸੋਨੂੰ ਸੂਦ ਨੇ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਆਪਣੇ ਬਹਾਦਰ ਸੈਨਿਕਾਂ ਲਈ ਜਾਣੀ ਜਾਂਦੀ ਹੈ। ਪਰ ਹੁਣ ਲੰਬੇ ਸਮੇਂ ਤੋਂ ਲੋਕ ਇਹ ਕਹਿੰਦੇ ਆ ਰਹੇ ਹਨ ਕਿ ਪੰਜਾਬ ਵਿੱਚ ਨਸ਼ਾ ਬਹੁਤ ਹੈ। ਨਵੀਂ ਪੀੜ੍ਹੀ-ਨੌਜਵਾਨ ਨਸ਼ਿਆਂ ਤੋਂ ਬਹੁਤ ਪ੍ਰਭਾਵਿਤ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ ਖੁਦ ਮੋਗਾ ਜਾਂ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਜਾਂਦੇ ਹਨ ਤਾਂ ਨੌਜਵਾਨ ਕਾਫੀ ਹੱਦ ਤੱਕ ਨਸ਼ਿਆਂ ਦੀ ਮਾਰ ਹੇਠ ਨਜ਼ਰ ਆਉਂਦੇ ਹਨ। ਇਹੀ ਕਾਰਨ ਹੈ ਕਿ ਅਪਰਾਧ ਵਧਦੇ ਹਨ, ਕਿਉਂਕਿ ਨਸ਼ੇੜੀਆਂ ਨੂੰ ਨਸ਼ੇ ਖਰੀਦਣ ਲਈ ਪੈਸੇ ਦੀ ਲੋੜ ਹੁੰਦੀ ਹੈ।
- PTC PUNJABI