ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੂਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀਆਂ ਸੰਗਤਾਂ, ਵੇਖੋ ਤਸਵੀਰਾਂ
Parkash Purab of Sri Guru Ramdas Ji: ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਹੋਈ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਅਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਨਿਭਾਈ।
ਹਜ਼ਾਰਾਂ ਦੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਚੌਥੇ ਪਾਤਸ਼ਾਹ ਜੀ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੇ ਸਤਿਕਾਰ ’ਚ ਪੁਲਿਸ ਬੈਂਡ ਅਤੇ ਗਤਕਾ ਪਾਰਟੀਆਂ ਨੇ ਵੀ ਸ਼ਮੂਲੀਅਤ ਕੀਤੀ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਸਮੇਤ ਵੱਖ-ਵੱਖ ਧਾਰਮਿਕ ਜਥੇਬੰਦੀਆਂ, ਸਭਾ-ਸੁਸਾਇਟੀਆਂ ਦੇ ਨੁਮਾਇੰਦੇ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਅਤੇ ਮੁਲਾਜ਼ਮ ਵੀ ਮੌਜੂਦ ਸਨ।
ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋ ਕੇ ਪੁਰਾਤਨ ਸ਼ਹਿਰ ਦੇ ਸਾਰੇ 12 ਇਤਿਹਾਸਿਕ ਦਰਵਾਜਿਆਂ ਦੇ ਬਾਹਰਵਾਰ ਹੁੰਦਾ ਹੋਇਆ 8 ਕਿੱਲੋਮੀਟਰ ਦੇ ਕਰੀਬ ਪੈਂਡਾ ਤੈਅ ਕਰਦਾ ਹੋਇਆ, ਦੇਰ ਸ਼ਾਮ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਕੇ ਸੰਪਨ ਹੋਵੇਗਾ। ਨਗਰ ਕੀਰਤਨ ਦੌਰਾਨ ਅਨੇਕਾਂ ਪੰਥਕ ਸਖਸ਼ੀਅਤਾਂ, ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੇ ਅਧਿਕਾਰੀਆਂ ਅਤੇ ਗੁਰੂ ਜਸ ਗਾਇਨ ਕਰਦਿਆਂ ਸੰਗਤਾਂ ਨੇ ਵੱਡੀ ਗਿਣਤੀ ਚ ਸ਼ਿਰਕਤ ਕੀਤੀ।
ਨਗਰ ਕੀਰਤਨ ਦੇ ਸਾਰੇ ਰਸਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਵੱਖ-ਵੱਖ ਥਾਵਾਂ ’ਤੇ ਬਣੇ ਸਵਾਗਤੀ ਗੇਟ ਖੂਬਸੂਰਤ ਦ੍ਰਿਸ਼ ਪੇਸ਼ ਕਰ ਰਹੇ ਸਨ। ਇਤਿਹਾਸਕ 12 ਦਰਵਾਜ਼ਿਆਂ ਨੂੰ ਵੀ ਸਜਾਇਆ ਗਿਆ। ਵੱਖ-ਵੱਖ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਅਤੇ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਨਗਰ ਕੀਰਤਨ ਦੇ ਸਾਰੇ ਰਸਤੇ ਸੰਗਤਾਂ ਕਤਾਰਾਂ ਬਣਾ ਕੇ ਸੜਕਾਂ ਦੇ ਦੋਨੋਂ ਪਾਸੇ ਖੜੀਆਂ ਨਜ਼ਰ ਆਈਆਂ।
ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਪੀਲੀਆਂ ਦਸਤਾਰਾਂ ਤੇ ਧੰਨ ਸ੍ਰੀ ਗੁਰੂ ਰਾਮਦਾਸ ਜੀ ਲਿਖੀਆਂ ਪੱਟੀਆਂ ਸਜ਼ਾ ਕੇ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਸ਼੍ਰੋਮਣੀ ਕਮੇਟੀ ਵੱਲੋਂ ਸਾਰੇ ਰਸਤੇ ਨੂੰ ਚਾਰ ਪੜਾਵਾਂ ’ਚ ਵੰਡ ਕੇ ਲੰਗਰ ਅਤੇ ਜਲ ਪਾਣੀ ਦਾ ਪ੍ਰਬੰਧ ਕੀਤਾ ਹੋਇਆ ਸੀ। ਨਗਰ ਕੀਰਤਨ ਵਿਚ ਵੱਖ-ਵੱਖ ਸੂਬਿਆਂ ਤੋਂ ਪੁੱਜੀ ਸੰਗਤ ਨੇ ਸ਼ਮੂਲੀਅਤ ਕੀਤੀ।
ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ | ਰਾਗ ਦਰਬਾਰ | ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਦਰਬਾਰ ਸਾਹਿਬ pic.twitter.com/3Skj6kPsaJ
— Shiromani Gurdwara Parbandhak Committee (@SGPCAmritsar) October 29, 2023
ਹੋਰ ਪੜ੍ਹੋ: Diljit Dosanjh: ਦਿਲਜੀਤ ਦੋਸਾਂਝ ਨੇ ਨੰਨ੍ਹੀ ਫੈਨ ਨੂੰ ਦਿੱਤਾ ਸਰਪ੍ਰਾਈਜ਼, ਵੀਡੀਓ ਵੇਖ ਕੇ ਫੈਨਜ਼ ਕਰ ਰਹੇ ਤਾਰੀਫ
ਇਸ ਦੇ ਨਾਲ ਹੀ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰੂ ਰਾਮਦਾਸ ਅੰਮ੍ਰਿਤ ਸਰੋਵਰ ਉੱਤੇ ਖਾਸ ਤੌਰ 'ਤੇ ਬੁੱਕ ਕਰਵਾਏ ਗਏ ਨਿੱਜੀ ਹੈਲੀਕਾਪਟਰ ਦੀ ਮਦਦ ਨਾਲ ਗੁਲਾਬ ਦੀਆਂ ਪੰਖੁੜੀਆਂ ਦੀ ਵਰਖਾ ਕਰਵਾਈ ਗਈ, ਜਿਸ ਦਾ ਅਲੌਕਿਕ ਨਜ਼ਾਰਾ ਵੇਖਦਿਆਂ ਹੀ ਬਣਦਾ ਸੀ।
- PTC PUNJABI